ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦਾ ਆਗਾਜ਼ ਅੱਜ: ਅਰੁਣ ਜਿੰਦਲ

0
101

ਬਰਨਾਲਾ, 16 ਅਕਤੂਬਰ

          ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ‘ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦਾ ਵਰਚੂਅਲ ਆਗਾਜ਼ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਭਲਕੇ ਜ਼ਿਲ੍ਹਾ ਬਰਨਾਲਾ ਦੇ 20 ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਵਰਚੂਅਲ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਹਨ।

          ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਵੱਲੋਂ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

                ਇਸ ਮੌਕੇ ਸ੍ਰੀ ਅਰੁਣ ਜਿੰਦਲ ਨੇ ਆਖਿਆ ਕਿ ਭਲਕੇ ਜ਼ਿਲ੍ਹੇ ਦੇ ਤਿੰਨੇ ਬਲਾਕਾਂ ਦੇ 20 ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ ਆਗਾਜ਼ ਕੀਤਾ ਜਾਵੇਗਾ, ਜਿਸ ਮਗਰੋਂ ਗ੍ਰਾਮ ਪੰਚਾਇਤ ਪੱਧਰ ’ਤੇ ਇਹ ਲੱਖਾਂ ਦੇ ਵਿਕਾਸ ਕਾਰਜ ਸ਼ੁਰੂ ਕਰਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਵਿਚ ਖੇਡ ਮੈਦਾਨ ਤੇ ਸਟੇਡੀਅਮ, ਗਲੀਆਂ ਨਾਲੀਆਂ ਪੱਕੀਆਂ ਕਰਨ, ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ, ਪਾਣੀ ਦੀ ਸਪਲਾਈ, ਵੱਖ ਵੱਖ ਇਮਾਰਤਾਂ, ਪਾਰਕਾਂ ਆਦਿ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਸਾਡੇ ਪਿੰਡ ਅਤਿ-ਆਧੁਨਿਕ ਸਹੂਲਤਾਂ ਸਦਕਾ ਸਮਾਰਟ ਬਣ ਸਕਣ।

          ਸ੍ਰੀ ਜਿੰਦਲ ਨੇ ਦੱਸਿਆ ਕਿ 13 ਪਿੰਡਾਂ ਵਿਚ ਵੈਬ ਕੈਮ ਲਿੰਕ ਅਤੇ 7 ਪਿੰਡਾਂ ਵਿਚ ਹੋਰ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਆਨਲਾਈਨ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਰਚੂਅਲ ਪ੍ਰੋਗਰਾਮਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਨੋਡਲ ਅਫਸਰ ਹਾਜ਼ਰ ਸਨ।